ਬਠਿੰਡਾ। ਬਠਿੰਡਾ ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਦੋ ਸੀਨੀਅਰ ਅਕਾਲੀ ਆਗੂ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਸਾਬਕਾ ਮੰਤਰੀ ਸਰੂਪ ਚੰਦ ਸਿੰਗਲਾ ਦੇ ਨਜ਼ਦੀਕੀ ਆਗੂ ਡਿੰਪੀ ਬਾਗਲਾ ਅਤੇ ਕੁਲਦੀਪ ਸਿੰਘ ਢੱਲਾ ਨੇ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸੀਨੀਅਰ ਕਾਂਗਰਸੀ ਆਗੂ ਜੈਜੀਤ ਜੌਹਲ ਨੇ ਦੋਵਾਂ ਅਕਾਲੀ ਆਗੂਆਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦਿਆਂ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿਵਾਇਆ । ਦੋਵਾਂ ਆਗੂਆਂ ਨੇ ਇਸ ਮੌਕੇ ਕਿਹਾ ਕਿ ਅਕਾਲੀ ਦਲ ਵੱਲੋਂ ਟਕਸਾਲੀ ਵਰਕਰਾਂ ਤੇ ਆਗੂਆਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਜਿਸ ਕਾਰਨ ਟਕਸਾਲੀ ਆਗੂ ਤੇ ਵਰਕਰ ਪਾਰਟੀ ਛੱਡ ਰਹੇ ਹਨ। ਨਗਰ ਨਿਗਮ ਚੋਣਾਂ ਦੌਰਾਨ ਟਿਕਟਾਂ ਦੇ ਦਾਅਵੇਦਾਰ ਦੋਵਾਂ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਆਪਣੀਆਂ ਨੀਤੀਆਂ ਤੋਂ ਪਿਛਾਂਹ ਹਟ ਗਿਆ ਹੈ ।
ਉਨ੍ਹਾਂ ਕਿਹਾ ਕਿ ਸੂਬੇ ਤੋਂ ਇਲਾਵਾ ਦੇਸ਼ ਭਰ ਦੇ ਕਿਸਾਨ ਦਿੱਲੀ ਬਾਰਡਰਾਂ ਤੇ ਹੱਡ ਚੀਰਵੀਂ ਠੰਢ ਦੌਰਾਨ ਸੰਘਰਸ਼ ਕਰ ਰਹੇ ਪਰ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਵਿਰੋਧੀ ਬਿੱਲਾਂ ਦੀ ਹਮਾਇਤ ਕਰਕੇ ਆਪਣੇ ਆਪ ਨੂੰ ਪੰਜਾਬ ਵਿਰੋਧੀ ਵਜੋਂ ਦਰਸਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਕਿਸਾਨਾਂ ਪ੍ਰਤੀ ਅਪਣਾਏ ਰਵੱਈਏ ਅਤੇ ਨਗਰ ਨਿਗਮ ਚੋਣਾਂ ਦੌਰਾਨ ਟਿਕਟਾਂ ਦੀ ਵੰਡ ਤੋਂ ਦੁਖੀ ਹੋ ਕੇ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਜੈਜੀਤ ਜੌਹਲ ਨੇ ਕਿਹਾ ਕਿ ਅਕਾਲੀ ਦਲ ਦੇ ਡੁੱਬਦੇ ਜਹਾਜ਼ ਵਿਚੋਂ ਲੋਕ ਛਾਲਾਂ ਮਾਰ ਕੇ ਕਾਂਗਰਸ ਵੱਲ ਆ ਰਹੇ ਹਨ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਆਉਣ ਵਾਲੇ ਹਰ ਆਗੂ ਤੇ ਵਰਕਰ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਵਾਰਡ ਨੰਬਰ ਅਠਾਈ ਤੋਂ ਟਿਕਟ ਦੇ ਦਾਅਵੇਦਾਰ ਯੂਥ ਅਕਾਲੀ ਆਗੂ ਡਿੰਪੀ ਬਾਗਲਾ ਸਾਬਕਾ ਅਕਾਲੀ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸੱਜੀ ਬਾਂਹ ਵਜੋਂ ਜਾਣੇ ਜਾਂਦੇ ਸਨ।
ਇਸ ਮੌਕੇ ਮਾਸਟਰ ਹਰਮੰਦਰ ਸਿੰਘ , ਰਾਮ ਵਿਰਕ ,ਸੰਜੀਵ ਬਬਲੀ ਆਦਿ ਕਾਂਗਰਸੀ ਵਰਕਰ ਹਾਜਰ ਸਨ।
No comments:
Post a Comment