ਬਠਿੰਡਾ। ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਸੂਬੇ ਦੀਆਂ ਵੱਖ ਵੱਖ ਜਥੇਬੰਦੀਆਂ ਨਾਲ ਕਾਂਗਰਸ ਦੇ ਰਾਜ ਵਿੱਚ ਪੁਲੀਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਨਿਖੇਧੀ ਕਰਦਿਆਂ ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਨੇ ਸਾਰੀਆਂ ਜਥੇਬੰਦੀਆਂ ਨੂੰ ਇੱਕ ਸਾਂਝੇ ਫਰੰਟ ਹੇਠ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਵਿਧਾਇਕਾ ਪ੍ਰੋ ਰੂਬੀ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਅਕਾਲੀ ਭਾਜਪਾ ਅਤੇ ਕਾਂਗਰਸ ਸਰਕਾਰ ਨੇ ਸੰਘਰਸ਼ੀ ਲੋਕਾਂ ਨਾਲ਼ ਕੁੱਟਮਾਰ ਤੇ ਝੂਠੇ ਮਾਮਲੇ ਦਰਜ ਕਰਕੇ ਆਵਾਜ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਜਿਸ ਦੀ ਤਾਜ਼ਾ ਮਿਸਾਲ ਪਟਿਆਲਾ ਵਿੱਚ ਰੁਜ਼ਗਾਰ ਮੰਗਦੀਆਂ ਬੇਰੁਜ਼ਗਾਰ ਅਧਿਆਪਕ ਅਤੇ ਬਠਿੰਡਾ ਵਿੱਚ ਪ੍ਰਦਰਸ਼ਨਕਾਰੀ ਆਂਗਣਵਾੜੀ ਵਰਕਰਾਂ ਤੇ ਪੁਲਿਸ ਵੱਲੋਂ ਬਲ ਦੀ ਵਰਤੋਂ ਕਰਨਾ ਬੇਹੱਦ ਸ਼ਰਮਨਾਕ ਹੈ। ਜਿਸ ਬਾਰੇ ਉਹਨਾਂ ਨੇ ਬਜਟ ਸੈਸ਼ਨ ਦੌਰਾਨ ਵੀ ਕਾਂਗਰਸ ਸਰਕਾਰ ਨੂੰ ਖ਼ੂਬ ਫਟਕਾਰ ਲਗਾਈ ਸੀ। ਉਹਨਾਂ ਕਿਹਾ ਕਿ ਅੱਜ ਕਾਂਗਰਸ ਦੀ ਸਰਕਾਰ ਸਮੇਂ ਮੁਲਾਜ਼ਮ, ਮਜ਼ਦੂਰ, ਕਿਸਾਨ,ਵਪਾਰੀ, ਅਧਿਆਪਕ ਤੇ ਨੌਜਵਾਨ ਸੜਕਾਂ ਉੱਪਰ ਆਪਣੇ ਹੱਕ ਮੰਗ ਰਹੇ ਹਨ ਅਤੇ ਘਰ ਘਰ ਨੌਕਰੀ ਦਾ ਵਾਇਦਾ ਲੈ ਕੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਮਹਿਲਾਵਾਂ ਤੱਕ ਨਾਲ਼ ਕੁੱਟਮਾਰ ਕਰਕੇ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਕਾਂਗਰਸ ਸਰਕਾਰ ਨੂੰ ਸਬਕ ਸਿਖਾਉਣ ਲਈ ਕਿਸਾਨ ਜਥੇਬੰਦੀਆਂ ਦੀ ਤਰਜ਼ ਤੇ ਸਾਰੀਆਂ ਜਥੇਬੰਦੀਆਂ ਨੂੰ ਇੱਕ ਸਾਂਝੇ ਫਰੰਟ ਹੇਠ ਇਕੱਠੇ ਹੋਣ ਦੀ ਲੋੜ ਹੈ। ਤਾਂ ਜੋ ਤਾਨਾਸ਼ਾਹ ਸਰਕਾਰ ਨੂੰ ਸਬਕ ਸਿਖਾਇਆ ਜਾ ਸਕੇ। ਇਸ ਲਈ ਸਾਰੇ ਇਨਸਾਫ਼ ਪਸੰਦ ਲੋਕਾਂ ਨੂੰ ਇੱਕ ਹੋਣ ਦੀ ਲੋੜ ਹੈ।
ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਇਸ ਵਾਰ ਦੇ ਵਿਧਾਨਸਭਾ ਦੇ ਬਜਟ ਸੈਸ਼ਨ ਦੌਰਾਨ ਵਿਸ਼ੇਸ਼ ਤੌਰ ਤੇ ਬੇਰੁਜ਼ਗਾਰ, ਮੁਲਾਜ਼ਮ, ਕੱਚੇ ਕਾਮੇ,ਆਸ਼ਾ ਵਰਕਰ ਅਤੇ ਆਂਗਣਵਾੜੀ ਵਰਕਰਾਂ ਦੇ ਮੁੱਦੇ ਵਿਸ਼ੇਸ਼ ਤੌਰ ਤੇ ਚੁੱਕ ਕੇ ਵਿਰੋਧੀ ਧਿਰ ਦਾ ਫ਼ਰਜ਼ ਨਿਭਾਇਆ ਹੈ।
ਉਹਨਾਂ ਨੇ ਕਿਹਾ ਕਿ ਸੂਬੇ ਅੰਦਰ ਜਥੇਬੰਦੀਆਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕ ਮੰਗ ਰਹੀਆਂ ਹਨ ਲੇਕਿਨ ਵੋਟਾਂ ਲੈਣ ਤੋਂ ਬਾਅਦ ਸਰਕਾਰਾਂ ਵੱਲੋਂ ਸੰਘਰਸ਼ੀ ਲੋਕਾਂ ਨਾਲ਼ ਕੁੱਟਮਾਰ ਕੀਤੀ ਜਾਂਦੀ ਹੈ ਉਹਨਾਂ ਕਿਹਾ ਕਿ ਢੁਕਵਾਂ ਸਮਾਂ ਆਉਣ ਤੇ ਨੌਜਵਾਨ ਵਰਗ ਲਈ ਰੁਜਗਾਰ ਦੇ ਅਵਸਰ ਪੈਦਾ ਕੀਤੇ ਜਾਣਗੇ, ਮੁਲਾਜਮਾਂ ਨੂੰ ਬਕਾਏ ਤੇ ਹੋਰ ਲਾਭ ਦਿੱਤੇ ਜਾਣਗੇ ਅਤੇ ਨਿਰੋਲ ਮਹਿਲਾ ਕਾਮੇ ਆਸ਼ਾ ਵਰਕਰ, ਆਂਗਣਵਾੜੀ ਵਰਕਰ ਤੇ ਮੀਡ ਡੇ ਮੀਲ ਕੁੱਕ, ਏ ਐਨ ਐਮ ਆਦਿ ਨੂੰ ਬਣਦਾ ਹੱਕ ਦਿੱਤਾ ਜਾਵੇਗਾ।
No comments:
Post a Comment