ਬਠਿੰਡਾ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ ਅਤੇ ਇਸ ਲਈ ਜ਼ਿਲੇ ਵਿੱਚ ਕਣਕ ਦੀ ਸੁਚਾਰੂ ਖਰੀਦ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਜ਼ਿਲੇ ਦੀਆਂ ਕੁੱਲ 183 ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਕੀਤੀ ਜਾਵੇਗੀ। ਖ਼ਰੀਦ ਦੇ ਮੱਦੇਨਜ਼ਰ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਬਣਾਏ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿਚ ਕਣਕ ਵੇਚਣ ਆਏ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸਰਕਾਰ ਵਲੋਂ ਖਰੀਦਿਆਂ ਜਾਵੇਗਾ। ਉਨਾਂ ਦੱਸਿਆ ਕਿ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਦੇ ਲਈ ਸ਼ੈਡ, ਪੀਣ ਦਾ ਪਾਣੀ ਅਤੇ ਰੋਸ਼ਨੀ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ। ਜ਼ਿਲੇ ਦੀਆਂ ਮੰਡੀਆਂ ਵਿੱਚ ਬਣਾਏ ਗਏ ਖਰੀਦ ਕੇਂਦਰਾਂ ਵਿੱਚ ਸਫਾਈ ਦੀ ਵਿਵਸਥਾ ਦੇ ਕਾਰਜ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਕਿਸਾਨਾਂ ਲਈ ਸਾਫ਼ ਪੀਣ ਵਾਲੇ ਪਾਣੀ ਦਾ ਖ਼ਾਸ ਪ੍ਰਬੰਧ ਕੀਤਾ ਜਾ ਰਿਹਾ।
ਸ਼੍ਰੀ ਬੀ.ਸ੍ਰੀਨਿਵਾਸਨ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿਚ ਪੂਰੀ ਤਰਾਂ ਸੁੱਕੀ ਤੇ ਸਾਫ਼-ਸੁਥਰੀ ਫ਼ਸਲ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨਾਂ ਕਿਹਾ ਕਿ ਸਮੂਚੀ ਖਰੀਦ ਪ੍ਰਿਆ ਦੇ ਦੌਰਾਨ ਕਿਸੇ ਨੂੰ ਵੀ ਕਿਸੇ ਤਰਾਂ ਦੀ ਮੁਸ਼ਕਿਲ ਸਾਹਮਣੇ ਨਾ ਆਵੇ ਇਸ ਲਈ ਜ਼ਰੂਰੀ ਅਤੇ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ। ਜ਼ਿਲਾ ਮੰਡੀ ਅਫ਼ਸਰ ਸ਼੍ਰੀ ਕੰਵਲਜੀਤ ਸਿੰਘ ਨੇ ਜ਼ਿਲੇ ’ਚ ਕਣਕ ਦੀ ਕੀਤੀ ਜਾ ਰਹੀ ਸਰਕਾਰੀ ਖ਼ਰੀਦ ਬਾਰੇ ਦੱਸਿਆ ਕਿ ਜ਼ਿਲੇ ਦੀਆਂ ਕੁੱਲ 183 ਮੰਡੀਆਂ ’ਚ 10 ਮੁੱਖ ਯਾਰਡ, 23 ਸਬ-ਯਾਰਡ ਤੇ ਫੋਕਲ ਪੁਆਇੰਟ ਤੋਂ ਇਲਾਵਾ 150 ਪੇਂਡੂ ਖੇਤਰ ’ਚ ਖ਼ਰੀਦ ਕੇਂਦਰ ਬਣਾਏ ਗਏ ਹਨ।
No comments:
Post a Comment