ਬਠਿੰਡਾ- ਬਠਿੰਡਾ ਸ਼ਹਿਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਦਾ ਸਰਕਲ ਪ੍ਰਧਾਨ ਅਤੇ ਸਾਬਕਾ ਕੌਂਸਲਰ ਕੁਲਦੀਪ ਸਿੰਘ ਨੰਬਰਦਾਰ ਤੇ ਉਹਨਾਂ ਦੀ ਪਤਨੀ ਸਾਬਕਾ ਕੌਂਸਲਰ ਮਨਦੀਪ ਕੌਰ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਤੋਂ ਇਲਾਵਾ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਵਰਿੰਦਰ ਸਿੰਘ ਬੱਲਾ ਨੇ ਵੀ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ।
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਨ੍ਹਾਂ ਆਗੂਆਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦਿਆਂ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਨੰਬਰਦਾਰ ਦੇ ਘਰ ਪੁੱਜੇ ਅਤੇ ਉਨ੍ਹਾਂ ਨੂੰ ਕਾਂਗਰਸ ਦੇ ਚਿੰਨ੍ਹ ਵਾਲਾ ਸਿਰੋਪਾ ਪਾ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕ ਕਾਂਗਰਸ ਪਾਰਟੀ ਦੀ ਨੀਤੀਆਂ ਤੋਂ ਖੁਸ਼ ਹੋ ਕੇ ਲਗਾਤਾਰ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਸ਼ਹਿਰ ਬਠਿੰਡਾ ਦੇ ਵਿਕਾਸ ਅਤੇ ਤਰੱਕੀ ਲਈ ਹੋਰਨਾਂ ਆਗੂਆਂ ਨੂੰ ਵੀ ਕਾਂਗਰਸ ਦਾ ਸਹਿਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਕੁਲਦੀਪ ਨੰਬਰਦਾਰ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ ਸ਼ਹਿਰ ਦੇ ਕਰਵਾਏ ਜਾ ਰਹੇ ਵਿਕਾਸ ਨੂੰ ਦੇਖਦਿਆਂ ਉਹ ਕਾਂਗਰਸ ਪਾਰਟੀ ਨਾਲ ਜੁੜੇ ਹਨ। ਇਸ ਤਰ੍ਹਾਂ ਹੀ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਵਰਿੰਦਰ ਸਿੰਘ ਬੱਲਾ ਵੀ ਅੱਜ ਵਿੱਤ ਮੰਤਰੀ ਦੀ ਹਾਜ਼ਰੀ ਵਿਚ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਰਿੰਦਰ ਭੱਲਾ ਨੇ ਕਿਹਾ ਕਿ ਉਹ ਸ਼ਹਿਰ ਦੀ ਤਰੱਕੀ ਲਈ ਵਿੱਤ ਮੰਤਰੀ ਨਾਲ ਜੁੜੇ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਉਕਤ ਤਿੰਨਾਂ ਆਗੂਆਂ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਅਰੁਣ ਵਧਾਵਨ, ਮਾਸਟਰ ਹਰਮੰਦਰ ਸਿੰਘ, ਪਵਨ ਮਾਨੀ ਆਦਿ ਹਾਜ਼ਰ ਸਨ।
No comments:
Post a Comment