ਬਠਿੰਡਾ- ਕੇਂਦਰ ਸਰਕਾਰ ਵੱਲੋਂ ਲਗਾਤਾਰ ਤੇਲ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਖ਼ਿਲਾਫ਼ ਜ਼ਿਲ੍ਹਾ ਕਾਂਗਰਸ ਸ਼ਹਿਰੀ ਵੱਲੋਂ ਅੱਜ ਫਾਇਰ ਬਿਗ੍ਰੇਡ ਚੌਕ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਕੱਤਰ ਹੋਏ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਵਿਚ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਆਗੂਆਂ ਤੋਂ ਇਲਾਵਾ ਯੂਥ ਕਾਂਗਰਸ, ਕਾਂਗਰਸ ਸੇਵਾਦਲ, ਮਹਿਲਾ ਕਾਂਗਰਸ,ਐਸਸੀ ਬੀਸੀ ਸੈੱਲ,ਸਬਜ਼ੀ ਮੰਡੀ ਫੜੀ ਯੂਨੀਅਨ ਅਤੇ ਵਪਾਰ ਮੰਡਲ ਦੇ ਆਗੂਆਂ ਨੇ ਹਿੱਸਾ ਲਿਆ।
ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਅਰੁਣ ਵਧਾਵਨ, ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਕੇ ਕੇ ਅਗਰਵਾਲ, ਸੀਨੀਅਰ ਡਿਪਟੀ ਮੇਅਰ ਅਸ਼ੋਕ ਪ੍ਰਧਾਨ ਨੇ ਕਿਹਾ ਕੇਂਦਰ ਸਰਕਾਰ ਆਏ ਦਿਨ ਲਗਾਤਾਰ ਤੇਲ ਕੀਮਤਾਂ ਵਿੱਚ ਵਾਧਾ ਕਰਕੇ ਲੋਕਾਂ ਤੇ ਆਰਥਿਕ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਵਿੱਚ ਵਾਧੇ ਕਾਰਨ ਮਹਿੰਗਾਈ ਅਸਮਾਨ ਨੂੰ ਛੂਹਣ ਲੱਗੀ ਹੈ, ਜਿਸ ਕਾਰਨ ਆਮ ਵਰਤੋਂ ਦੀਆਂ ਚੀਜ਼ਾਂ ਵੀ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਕੇਂਦਰ ਦੀ ਮੋਦੀ ਸਰਕਾਰ ਤੇਲ ਕੀਮਤਾਂ ਨੂੰ ਹਰ ਰੋਜ਼ ਵਧਾ ਰਹੀ ਹੈ ਜਿਸ ਕਾਰਨ ਹਰ ਵਰਗ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ।
ਜੈਜੀਤ ਸਿੰਘ ਜੌਹਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤੇਲ ਕੀਮਤਾਂ ਵਿੱਚ ਕਮੀ ਕਰਨ ਖ਼ਾਤਰ ਮਜਬੂਰ ਕਰਨ ਲਈ ਅਗਲੇ ਦਿਨਾਂ ਵਿੱਚ ਸ਼ਹਿਰ ਅੰਦਰ ਕਾਂਗਰਸ ਰੋਸ ਮਾਰਚ ਵੀ ਕਰੇਗੀ। ਰੋਸ ਪ੍ਰਦਰਸ਼ਨ ਦੌਰਾਨ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਮੇਅਰ ਨਗਰ ਨਿਗਮ ਰਮਨ ਗੋਇਲ, ਨਗਰ ਨਿਗਮ ਦੇ ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਸੀਨੀਅਰ ਕਾਂਗਰਸੀ ਆਗੂ ਟਹਿਲ ਸਿੰਘ ਸੰਧੂ, ਰਾਜਨ ਗਰਗ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦਾ ਹਰ ਤਬਕਾ ਤ੍ਰਾਹ ਤ੍ਰਾਹ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਇਹ ਪਹਿਲੀ ਕੇਂਦਰ ਦੀ ਮੋਦੀ ਸਰਕਾਰ ਹੈ, ਜਿਸ ਨੇ ਕੌਮਾਂਤਰੀ ਮੰਡੀ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਬਹੁਤ ਘੱਟ ਹੋਣ ਦੇ ਬਾਵਜੂਦ ਪੈਟਰੋਲ ਸੌ ਰੁਪਏ ਪ੍ਰਤੀ ਲਿਟਰ ਤੋਂ ਉੱਪਰ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਘੱਟ ਕਰਨ ਲਈ ਮਜਬੂਰ ਕਰਨ ਖਾਤਰ ਹਰ ਵਰਗ ਨੂੰ ਸੜਕਾਂ ਤੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਕਾਂਗਰਸ ਦੀ ਨਹੀਂ ਹੈ ਸਗੋਂ ਤੇਲ ਕੀਮਤਾਂ ਕਾਰਨ ਹਰ ਵਰਗ ਦਾ ਲੱਕ ਤੋੜ ਦਿੱਤਾ ਹੈ। ਸੀਨੀਅਰ ਕਾਂਗਰਸ ਆਗੂ ਪਵਨ ਮਾਨੀ ਅਤੇ ਬਲਜਿੰਦਰ ਠੇਕੇਦਾਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮਹਿੰਗਾਈ ਨੂੰ ਘੱਟ ਕਰਨ ਦੇ ਵਾਅਦੇ ਕਰਨ ਵਾਲੀ ਭਾਜਪਾ ਦੀ ਮੋਦੀ ਸਰਕਾਰ ਨੇ ਉਲਟਾ ਏਨੀ ਮਹਿੰਗਾਈ ਕਰ ਦਿੱਤੀ ਹੈ ਕਿ ਗ਼ਰੀਬ ਵਿਅਕਤੀ ਦੇ ਘਰ ਦੋ ਡੰਗ ਦੀ ਰੋਟੀ ਪੱਕਣੀ ਵੀ ਮੁਸ਼ਕਲ ਹੋ ਗਈ ਹੈ। ਇਸ ਰੋਸ ਧਰਨੇ ਚ ਹੋਰਨਾਂ ਤੋਂ ਇਲਾਵਾ ਹਰਵਿੰਦਰ ਸਿੰਘ ਲੱਡੂ , ਸੰਦੀਪ ਗੋਇਲ, ਗੁਰਇਕਬਾਲ ਸਿੰਘ ਚਹਿਲ, ਰੀਨਾ ਗੁਪਤਾ, ਬਲਜੀਤ ਸਿੰਘ ਪ੍ਰਧਾਨ ਯੂਥ ਕਾਂਗਰਸ,ਭਗਵਾਨ ਦਾਸ ਭਾਰਤੀ ਅਤੇ ਸਮੂਹ ਕੌਂਸਲਰ ਮੌਜੂਦ ਸਨ ।
No comments:
Post a Comment