ਬਠਿੰਡਾ: ਦੇਸ਼ ਦੇ 72ਵੇਂ ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਸਬੰਧੀ ਸਰਕਾਰੀ ਰਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ ’ਚ ਫ਼ੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਵਲੋਂ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ. ਸ਼੍ਰੀ ਮਨੋਜ ਗੋਰਸੀ ਦੀ ਅਗਵਾਈ ਹੇਠ ਮਾਰਚ ਪਾਸਟ ਕੀਤਾ ਗਿਆ। ਇਸ ਮਾਰਚ ਪਾਸਟ ਵਿਚ ਸ਼ਾਮਲ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਸਕਾਊਟਸ ਅਤੇ ਗਾਈਡ ਦੀਆਂ ਟੁਕੜੀਆਂ ਵਲੋਂ ਮੁੱਖ ਮਹਿਮਾਨ ਤੇ ਕੌਮੀ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਪੁਲਿਸ ਤੇ ਆਰਮੀ ਬੈਂਡ ਵਲੋਂ ਵੀ ਮਨਮੋਹਿਕ ਧੁੰਨਾਂ ਰਾਹੀਂ ਬੈਂਡ ਦੀ ਸੇਵਾ ਨਿਭਾਈ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਬੰਧੀ ਚੱਲ ਰਹੀਆਂ ਤਿਆਰੀਆਂ ਬਾਰੇ ਰੀਵਿਊ ਮੀਟਿੰਗ ਕੀਤੀ ਗਈ।
ਇਸ ਮੌਕੇ ਉਨਾਂ ਦੱਸਿਆ ਕਿ 72ਵੇਂ ਗਣਤੰਤਰ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ, ਪੰਜਾਬ ਸ. ਸਾਧੂ ਸਿੰਘ ਧਰਮਸੋਤ ਨਿਭਾਉਣਗੇ। ਬੈਠਕ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਬੀ. ਸ੍ਰੀਨਿਵਾਸਨ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਸਾਰੇ ਇੰਤਜ਼ਾਮ ਸਮੇਂ-ਸਿਰ ਮੁਕੰਮਲ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।
ਇਸ ਮੌਕੇ ਐਸ.ਐਸ.ਪੀ. ਸ੍ਰੀ ਭੁਪਿੰਦਰਜੀਤ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਜਦੀਪ ਸਿੰਘ ਬਰਾੜ, ਐਸ.ਪੀ. ਸ਼੍ਰੀ ਮੇਜਰ ਸਿੰਘ, ਐਸ.ਪੀ. ਸ਼੍ਰੀ ਜਸਪਾਲ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀ ਗੁਰਬੀਰ ਸਿੰਘ ਕੋਹਲੀ, ਸਹਾਇਕ ਕਮਿਸ਼ਨਰ ਜਨਰਲ ਹਰਕੰਵਲਜੀਤ ਸਿੰਘ, ਤਹਿਸੀਲਦਾਰ ਸ੍ਰੀ ਸੁਖਬੀਰ ਸਿੰਘ ਬਰਾੜ, ਜ਼ਿਲਾ ਖੇਡ ਅਫ਼ਸਰ ਸ਼੍ਰੀ ਪਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਮੌਜੂਦ ਸਨ।