ਵਿੱਤ ਮੰਤਰੀ ਨੇ ਕੋਰੋਨਾ ਨਾਲ ਨਜਿੱਠਣ ਲਈ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
ਬਠਿੰਡਾ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹੇ ਅੰਦਰ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਿਵਲ ਹਸਪਤਾਲ ਤੋਂ ਇਲਾਵਾ ਆਦੇਸ਼ ਹਸਪਤਾਲ ਭੁੱਚੋ, ਅਰੁਣਾ ਹਸਪਤਾਲ, ਇੰਦਰਾਣੀ ਹਸਪਤਾਲ, ਦਿੱਲੀ ਹਾਰਟ ਹਸਪਤਾਲ, ਗਲੋਬਲ ਹੈਲਥਕੇਅਰ, ਬਡਿਆਲ ਹਸਪਤਾਲ ਅਤੇ ਸਿਵਲ ਹਸਪਤਾਲ ਬਠਿੰਡਾ ਦਾ ਦੌਰਾ ਕੀਤਾ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਹਸਪਤਾਲਾਂ ਦੇ ਪ੍ਰਬੰਧਨ ਅਤੇ ਡਾਕਟਰਾਂ ਨਾਲ ਮੀਟਿੰਗ ਕਰ ਕੇ ਲੈਵਲ ਇੱਕ, ਲੈਵਲ ਦੋ ਅਤੇ ਲੈਵਲ ਤਿੰਨ ਵਿੱਚ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲਿਆ। ਆਕਸੀਜਨ, ਵੈਂਟੀਲੇਟਰ ਅਤੇ ਵੈਕਸੀਨ ਦੀ ਲੋੜੀਂਦੀ ਉਪਲੱਬਤਤਾ ਦਾ ਪਤਾ ਕੀਤਾ ਅਤੇ ਆਕਸੀਜਨ ਸਪਲਾਈ ਦੀ ਮਾਤਰਾ ਵਧਾਉਣ ਲਈ ਜਿਲਾ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨਾਂ ਕਿਹਾ ਕਿ ਇਸ ਔਖੀ ਘੜੀ ਵਿਚ ਪੰਜਾਬ ਸਰਕਾਰ ਵੱਲੋਂ ਹਰ ਸਹਾਇਤਾ ਦਾ ਭਰੋਸਾ ਦਿੰਦਾ ਹਾਂ।
ਇਸ ਦੌਰਾਨ ਉਨ੍ਹਾਂ ਜਿੱਥੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਜੱਦੋ ਜਹਿਦ ਕਰ ਰਹੇ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ ਦੀ ਹੌਸਲਾ ਅਫਜ਼ਾਈ ਕੀਤੀ, ਉੱਥੇ ਹੀ ਉਨ੍ਹਾਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਦਿਲਾਸਾ ਦਿੱਤਾ। ਉਨ੍ਹਾਂ ਕੋਵਿਡ ਸੈਂਟਰਾਂ ਵਿੱਚ ਤਾਇਨਾਤ ਡਾਕਟਰਾਂ ਤੋਂ ਕੋਰੋਨਾ ਨਾਲ ਨਜਿੱਠਣ ਲਈ ਸਹੂਲਤਾਂ ਪ੍ਰਤੀ ਜਾਣਕਾਰੀ ਲਈ ਅਤੇ ਜਿਸ ਹਸਪਤਾਲ ਵਿੱਚ ਕਿਸੇ ਸਹੂਲਤ ਦੀ ਕਮੀ ਪਾਈ ਗਈ ਉਸ ਨੂੰ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਨੂੰ ਆਦੇਸ਼ ਜਾਰੀ ਕੀਤੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਪੂਰੇ ਦੇਸ਼ ਦੇ ਹਾਲਾਤ ਗੰਭੀਰ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਕੋਵਿਡ ਸੈਂਟਰਾਂ ਦਾ ਦੌਰਾ ਕਰਕੇ ਵੈਨਟੀਲੇਟਰ, ਆਕਸੀਜਨ ਅਤੇ ਦਵਾਈਆਂ ਦੀ ਸਥਿਤੀ ਬਾਰੇ ਜਾਣਕਾਰੀ ਲਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਮਰੀਜ਼ਾਂ ਨੂੰ ਆਕਸੀਜਨ ਅਤੇ ਦਵਾਈਆਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਹੋਰਨਾਂ ਦੇਸ਼ਾਂ ਤੋਂ ਹਰ ਕਿਸਮ ਦੀ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸਰਕਾਰ ਅਤੇ ਸਿਹਤ ਵਿਭਾਗ ਦੇ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਨੂੰ ਵੈਕਸੀਨੇਸ਼ਨ ਹਰ ਹਾਲਤ ਵਿੱਚ ਕਰਵਾਉਣੀ ਚਾਹੀਦੀ ਹੈ। ਵਿੱਤ ਮੰਤਰੀ ਨੇ ਕਿਹਾ ਕਿ ਕੋਰੋਨਾ ਦੀ ਇਸ ਲਹਿਰ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਪੂਰੀ ਤਿਆਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਪਾਈਆਂ ਜਾ ਰਹੀਆਂ ਕਮੀਆਂ ਨੂੰ ਦੋ ਹਫ਼ਤਿਆਂ ਵਿੱਚ ਪੂਰਾ ਕਰ ਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸਨਰ ਬਠਿੰਡਾ ਬੀ. ਸ਼੍ਰੀਨਿਵਾਸਨ ਅਤੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਵੀ ਹਾਜ਼ਰ ਸਨ।